ਬੀਬੀਐਨ ਨੈਟਵਰਕ ਪੰਜਾਬ ਬਰਨਾਲਾ ਬਿਊਰੋ, 3 ਜੁਲਾਈ
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਝੋਨੇ ਦੀ ਫ਼ਸਲ ਚ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ। ਉਨ੍ਹਾਂ ਕਿਹਾ ਕਿ ਇਸ ਸਮੇਂ ਧਰਤੀ ਹੇਠਲਾ ਪਾਣੀ ਦਾ ਪੱਧਰ ਬਹੁਤ ਨੀਵਾਂ ਜਾ ਚੁੱਕਾ ਹੈ। ਬਰਨਾਲਾ ਜ਼ਿਲ੍ਹੇ ਦੇ ਦੋ ਜ਼ੋਨ – -ਬਰਨਾਲਾ ਅਤੇ ਮਹਿਲਕਲਾਂ ਡਾਰਕ ਜ਼ੋਨ ਵਿੱਚ ਚਲੇ ਗਏ ਹਨ। ਇਸ ਲਈ ਕਿਸਾਨ ਵੀਰਾਂ ਨੂੰ ਝੋਨੇ ਦੀ ਫਸਲ ਵਿੱਚ ਸੰਜਮ ਨਾਲ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਨੀਰੀ ਲਾਉਣ ਪਿੱਛੋ 2 ਹਫਤੇ ਤੱਕ ਪਾਣੀ ਖੇਤ ਵਿੱਚ ਖੜਾ ਕਰਨਾ ਜਰੂਰੀ ਹੈ। ਇਸ ਪਿੱਛੋਂ ਪਾਣੀ ਨੂੰ ਉਸ ਵੇਲੇ ਹੀ ਪਾਣੀ ਲਗਾਉਣਾ ਚਾਹੀਦਾ ਹੈ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ ਦੋ ਦਿਨ ਹੋ ਗਏ ਹੋਣ ਪਰ ਇਸ ਗੱਲ ਦਾ ਧਿਆਨ ਰੁੱਖਿਆ ਜਾਵੇ ਕਿ ਜ਼ਮੀਨ ਵਿੱਚ ਤਰੇੜਾਂ ਨਾ ਪੈਣ। ਇਸ ਤਰ੍ਹਾਂ ਸਿੰਚਾਈ ਕਰਨ ਨਾਲ ਪਾਣੀ ਦੀ ਕਾਫੀ ਬਚਤ ਹੁੰਦੀ ਹੈ ਅਤੇ ਫਸਲ ਦੇ ਝਾੜ ਤੇ ਵੀ ਕੋਈ ਮਾਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਝੋਨੇ ਵਾਲੇ ਖੇਤਾਂ ਵਿੱਚ ਪਾਣੀ 10 ਸੈਂਟੀਮੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ। ਫਸਲ ਪੱਕਣ ਤੋਂ ਦੋ ਹਫਤੇ ਪਹਿਲਾਂ ਪਾਣੀ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਫਸਲ ਦੀ ਕਟਾਈ ਸੌਖੇ ਤਰੀਕੇ ਨਾਲ ਕੀਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਵਿੱਚ ਸੰਜਮ ਅਤੇ ਸਹੀ ਤਰੀਕੇ ਨਾਲ ਪਾਣੀ ਲਗਾਕੇ ਪਾਣੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਈਏ ਤੇ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਸੁਰੱਖਿਅਤ ਰੱਖ ਸਕੀਏ।