ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 3 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਸਾਰੀ ਮਾਮਲੇ 'ਚ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਸੀ ਕਿ ਸੂਬੇ ਦੀਆਂ ਜੇਲ੍ਹਾਂ 'ਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮਪ੍ਰਸਤੀ ਠਹਿਰਾਅ 'ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਹੀ ਪਵੇਗਾ। ਕੈਪਟਨ ਅਤੇ ਰੰਧਾਵਾ ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ ਹੈ ਅਤੇ ਜਿਸ ਦੇ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ।