ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ/ਮਹਿਲਕਲਾਂ 11 ਜੁਲਾਈ
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਦਿੱਲੀ ਦੇ ਬਾਰਡਰਾਂ ਤੇ ਇੱਕ ਸਾਲ ਤੋਂ ਵੱਧ ਸਮਾਂ ਚੱਲੇ ਸੰਘਰਸ਼ ਦੌਰਾਨ ਦਰਜ਼ ਕੀਤੇ ਪੁਲਿਸ ਕੇਸਾਂ ਵਿੱਚ ਦਿੱਲੀ ਪੁਲਿਸ ਵੱਲੋਂ ਐਫ ਆਈ ਆਰ 539 ਮਿਤੀ 27-11-2020 ਪੁਲਿਸ ਥਾਣਾ ਮੁੰਡਕਾ ਵਿੱਚ ਸੰਮਨ ਭੇਜਣ ਦਾ ਭਾਕਿਯੂ ਏਕਤਾ ਡਕੌਂਦਾ ਨੇ ਗੰਭੀਰ ਨੋਟਿਸ ਲੈਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਕਿਯੂ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੇ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਜਥੇਬੰਦੀ ਦੇ ਬਲਾਕ ਮਹਿਲਕਲਾਂ ਦੇ ਆਗੂ ਗੁਰਪ੍ਰੀਤ ਸਿੰਘ ਸਹਿਜੜਾ ਸਮੇਤ ਪੰਜ ਹੋਰ ਕਿਸਾਨਾਂ ਨੂੰ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਹੋਣ ਦਾ ਪਤਾ ਲੱਗਣ ਤੇ ਬਲਾਕ ਮਹਿਲਕਲਾਂ ਦੀ ਸਮੁੱਚੀ ਟੀਮ ਨੇ ਸਹਿਜੜਾ ਪਹੁੰਚ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਨੀਅਰ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਅਤੇ ਅਮਰਜੀਤ ਸਿੰਘ ਠੁੱਲੀਵਾਲ ਨੇ ਕਿਹਾ ਕਿ 9 ਦਸੰਬਰ 2021 ਕਿਸਾਨ ਮੋਰਚਾ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਦਰਜ਼ ਕੀਤੇ ਸਾਰੇ ਪੁਲਿਸ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਸੀ। ਪਰ ਐਮ ਐਸ ਪੀ ਦੇ ਵਾਅਦੇ ਵਾਂਗ ਇਸ ਵਾਅਦੇ ਤੋਂ ਵੀ ਸਰਕਾਰ ਭੱਜ ਗਈ ਹੈ ਅਤੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਸੰਮਨ ਭੇਜਣੇ ਸ਼ੁਰੂ ਕਰ ਦਿੱਤੇ ਹਨ। ਆਗੂਆਂ ਕਿਹਾ ਕਿ ਕੇਂਦਰੀ ਹਕੂਮਤ ਦੀ ਇਸ ਕਾਰਵਾਈ ਨੂੰ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ,ਸਗੋਂ ਸੰਯੁਕਤ ਕਿਸਾਨ ਮੋਰਚਾ ਇਸ ਦਾ ਸਖ਼ਤ ਨੋਟਿਸ ਲੈਕੇ ਅਗਲੇ ਸੰਘਰਸ਼ ਦਾ ਐਲਾਨ ਕਰੇਗਾ। ਇਸ ਸਮੇਂ ਜਗਰੂਪ ਸਿੰਘ ਗਹਿਲ, ਭਿੰਦਰ ਸਿੰਘ ਮੂੰਮ,ਗੁਰਪ੍ਰੀਤ ਸਿੰਘ ਸਹਿਜੜਾ, ਸੱਤਪਾਲ ਸਿੰਘ ਸਹਿਜੜਾ, ਜੱਗਾ ਸਿੰਘ ਮਹਿਲ ਕਲਾਂ,, ਅੰਗਰੇਜ਼ ਸਿੰਘ,ਕਾਲਾ ਰਾਏਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।