ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਸੰਗਰੂਰ ਬਿਊਰੋ, 11 ਜੁਲਾਈ, 2023
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ, ਸੰਗਰੂਰ ਵਿੱਚ ਜਥੇਬੰਦੀ ਦੇ ਇੱਕ ਹਮਦਰਦ ਦੇ ਘਰ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਇਹ ਮੀਟਿੰਗ 13 ਜੁਲਾਈ ਨੂੰ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13 ਵੀਂ ਬਰਸੀ ਮੌਕੇ ਕੀਤੇ ਜਾਣ ਵਾਲੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਲਈ ਬੁਲਾਈ ਗਈ ਸੀ। ਜਥੇਬੰਦੀ ਦੇ ਜ਼ਿਲ੍ਹਾ ਕਾਰਜਕਾਰੀ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ ਨੇ ਦੱਸਿਆ ਕਿ ਮਰਹੂਮ ਬਲਕਾਰ ਸਿੰਘ ਡਕੌਂਦਾ ਅਤੇ ਉਨ੍ਹਾਂ ਦੀ ਜੀਵਨ-ਸਾਥਣ ਸਮੇਤ 13 ਜੁਲਾਈ 2010 ਨੂੰ ਇੱਕ ਸੜਕ ਹਾਦਸੇ ਵਿੱਚ ਸਾਨੂੰ ਜਿਸਮਾਨੀ ਤੌਰ 'ਤੇ ਤੇ ਵਿਛੋੜਾ ਦੇ ਗਏ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਸੰਗਰੂਰ ਵੱਲੋਂ,13 ਜੁਲਾਈ ਨੂੰ ਮਸਤੂਆਣਾ ਸਾਹਿਬ ਵਿਖੇ ਗੁਰਦੁਆਰਾ ਅੰਗੀਠਾ ਸਾਹਿਬ ਦੇ ਲੰਗਰ ਨਾਲ ਲੱਗਦੇ ਵੱਡੇ ਹਾਲ ਵਿੱਚ ਸ਼ਰਧਾਂਜਲੀ ਸਮਾਗ਼ਮ ਕੀਤਾ ਜਾਵੇਗਾ ਜਿਸ ਵਿੱਚ ਇਨਕਲਾਬੀ ਕੇਂਦਰ, ਪੰਜਾਬ ਦੇ ਸੂਬਾਈ ਪ੍ਰਧਾਨ ਨਰੈਣ ਦੱਤ ਤੋਂ ਇਲਾਵਾ ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾਈ, ਜ਼ਿਲ੍ਹਾ ਤੇ ਬਲਾਕ ਪੱਧਰ ਦੇ ਆਗੂ ਮਰਹੂਮ ਬਲਕਾਰ ਸਿੰਘ ਡਕੌਂਦਾ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ। ਭਾਕਿਯੂ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਖ਼ਜ਼ਾਨਚੀ ਸੁਖਦੇਵ ਸਿੰਘ ਘਰਾਚੋਂ ਨੇ ਜ਼ਿਲ੍ਹੇ ਦੀਆਂ ਸਭ ਇਕਾਈਆਂ ਨੂੰ ਵੱਡੀ ਗਿਣਤੀ ਵਿੱਚ ਇਸ ਸਮਾਗ਼ਮ ਵਿੱਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਸ਼ੇਰਪੁਰ ਬਲਾਕ ਦੇ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਦੁੱਗਾਂ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਕਾਤਰੋਂ, ਮੇਜਰ ਸਿੰਘ ਬਾਲੀਆਂ, ਭਰਪੂਰ ਸਿੰਘ ਮਾਝੀ, ਚਮਕੌਰ ਸਿੰਘ ਬਾਲੀਆਂ, ਮਹਿੰਦਰ ਸਿੰਘ ਮਾਝੀ, ਗੁਰਮੀਤ ਸਿੰਘ ਸਰਪੰਚ ਮਾਹਮਦਪੁਰ, ਗੁਰਪ੍ਰੀਤ ਸਿੰਘ ਛੰਨਾਂ, ਰਣਜੀਤ ਸਿੰਘ ਬਾਜਵਾ ਆਦਿ ਆਗੂ ਵੀ ਹਾਜ਼ਰ ਸਨ।