ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,16 ਨਵੰਬਰ
ਰਣਜੀਤ ਐਵੇਨਿਊ ਡੀ ਬਲਾਕ 'ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਕੈਬ ਡਰਾਈਵਰ ਨੂੰ ਕੁਝ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ, ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ।ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ ਅਤੇ ਮੌਕੇ 'ਤੇ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ ਕੁਝ ਨੀਰਜ ਨੂੰ ਵੀ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ ਵਰਿੰਦਰ ਖੋਸਾ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।