ਬੀਬੀਐਨ ਨੈਟਵਰਕ ਪੰਜਾਬ ਫਾਜ਼ਿਲਕਾ ਬਿਊਰੋ, 21 ਨਵੰਬਰ
ਬੀਤੀ ਦੇਰ ਰਾਤ ਸਥਾਨਕ ਸੀਤੋ ਰੋਡ ’ਤੇ ਸਥਿਤ ਮਾਂ ਸਰਸਵਤੀ ਕਾਲਜ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਬਾਈਕ ’ਤੇ ਸ਼ਹਿਰ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਅਤੇ 18 ਸਾਲਾ ਵਿਸ਼ਨੂੰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਸੀਤੋ ਗੁੰਨੋ ਬੀਤੀ ਰਾਤ ਆਪਣੇ ਦੋਸਤ ਰੋਹਿਤ ਕੁਮਾਰ ਵਾਸੀ ਧੋਰਾ ਮਹਿਰਾਜਪੁਰਾ ਨਾਲ ਬਾਈਕ ’ਤੇ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਇਕ ਸ਼ੋਅਰੂਮ ਤੋਂ ਕੰਮ ਕਰ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਰਾਤ 8 ਵਜੇ ਦੇ ਕਰੀਬ ਸੀਤੋ ਰੋਡ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਇਸ ਦੌਰਾਨ ਉੱਥੋਂ ਲੰਘ ਰਹੇ ਇਕ ਵਿਅਕਤੀ ਨੇ ਸੜਕ ’ਤੇ ਦੋ ਨੌਜਵਾਨਾਂ ਨੂੰ ਗੰਭੀਰ ਜ਼ਖਮੀ ਹਾਲਤ ’ਚ ਦੇਖਿਆ ਤਾਂ 108 ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ ਤੇ ਘਟਨਾ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਸਟਾਫ ਮੌਕੇ ’ਤੇ ਪਹੁੰਚ ਗਿਆ ਅਤੇ ਦੋਵਾਂ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਦੇ ਏਐੱਸਆਈ ਓਮ ਪ੍ਰਕਾਸ਼ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੌਕੇ ’ਤੇ ਨੁਕਸਾਨੇ ਮੋਟਰਸਾਈਕਲ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਦੋਵਾਂ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ।