ਬੀਬੀਐਨ ਨੈਟਵਰਕ ਪੰਜਾਬ ਜਲੰਧਰ ਬਿਊਰੋ,23 ਨਵੰਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੇ ਕੀਤੇ ਗਏ ਐਲਾਨ ਦੀ ਪਟਵਾਰ ਯੂਨੀਅਨ ਪੰਜਾਬ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ ਹਮਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੋਰਚੇ ਵੱਲੋਂ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਕੰਮ ’ਤੇ ਵਾਪਸ ਆਉਣ ਦੀ ਕੀਤੀ ਗਈ ਅਪੀਲ ’ਤੇ ਵਿਚਾਰ-ਚਰਚਾ ਕਰਨ ਲਈ ਐਸੋਸੀਏਸ਼ਨ ਵੱਲੋਂ 23 ਨਵੰਬਰ ਨੂੰ ਆਨਲਾਈਨ ਮੀਟਿੰਗ ਰੱਖੀ ਗਈ ਹੈ। ਜਥੇਬੰਦੀ ਵੱਲੋਂ ਗੱਲਬਾਤ ਲਈ ਸਰਕਾਰ ਨਾਲ ਲਗਾਤਾਰ ਸੰਪਰਕ ਕੀਤਾ ਗਿਆ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਗਿਆ। ਹਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿੱਥੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ, ਉੱਥੇ ਹੀ ਉਨ੍ਹਾਂ ਵੱਲੋਂ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਹਿੱਤਾਂ, ਲੋਕ ਹਿੱਤਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਵੇਖਦਿਆਂ ਕੰਮ ’ਤੇ ਵਾਪਸ ਆਉਣ।ਪਟਵਾਰੀ/ਕਾਨੂੰਗੋ ਦਾ ਕਿਸਾਨ, ਮਜ਼ਦੂਰਾਂ, ਕਿਰਤੀ ਲੋਕਾਂ ਨਾਲ ਨਹੁੰ-ਮਾਸ ਦਾ ਰਿਸ਼ਤਾ ਰਿਹਾ ਹੈ। ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਦਿੱਲੀ ਲੱਗੇ ਕਿਸਾਨ ਮੋਰਚੇ ਵਿਚ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਹੈ। ਢੀਂਡਸਾ ਨੇ ਕਿਹਾ ਕਿ ਮੋਰਚੇ ਦੀ ਅਪੀਲ ਦੇ ਮੱਦੇਨਜ਼ਰ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਵੱਲੋਂ ਆਨਲਾਈਨ ਮੀਟਿੰਗ ਕੀਤੀ ਗਈ ਹੈ। ਇਸ ਵਿਚ ਫੈਸਲਾ ਹੋਇਆ ਕਿ ਜਿੱਥੇ ਦੋਵੇਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕਰਦੀਆਂ ਹਨ, ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੰਮ ’ਤੇ ਵਾਪਸ ਆਉਣ ਦੀ ਕੀਤੀ ਅਪੀਲ ਉਪਰ ਫ਼ੈਸਲੇ ਲਈ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਸ਼ਨਿਚਰਵਾਰ ਨੂੰ ਸਵੇਰੇ 10 ਵਜੇ ਹੰਗਾਮੀ ਮੀਟਿੰਗ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ।