ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,24 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜ਼ੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ ਅਤੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।