ਬੀਬੀਐਨ ਨੈਟਵਰਕ ਪੰਜਾਬ ਫ਼ਿਰੋਜ਼ਪੁਰ ਬਿਊਰੋ, 28 ਨਵੰਬਰ
ਏਐੱਸਆਈ ਨੂੰ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿਚ ਉਸ ਦਾ ਨਾਂ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧੀ 20,000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।