ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, ਬਰਨਾਲਾ 16 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਵਿਚਾਰੇ ਗਏ ਏਜੰਡਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਜ਼ਮੀਨ ਦੀ ਰਾਖੀ ਲਈ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸਮੇਂ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਕੁੱਲਰੀਆਂ ਦਾ ਸਰਪੰਚ ਪੁਲਿਸ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਦੀ ਮਿਲੀਭੁਗਤ ਨਾਲ 50 ਸਾਲ ਤੋਂ ਵੀ ਵੱਧ ਸਮੇਂ ਤੋਂ ਕਾਨੂੰਨਨ ਤੌਰ 'ਤੇ ਕਾਬਜ਼ ਕਿਸਾਨਾਂ ਨੂੰ ਜ਼ਬਰੀ ਉਜਾੜਨ ਤੇ ਤੁਲਿਆ ਹੋਇਆ ਹੈ। ਅਬਾਦਕਾਰ ਕਿਸਾਨਾਂ ਉੱਤੇ ਗੁੰਡਾਢਾਣੀ ਵੱਲੋਂ ਹਮਲੇ ਵੀ ਕਰਵਾ ਰਿਹਾ ਹੈ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਮੋਰਚਾ 12 ਵੇਂ ਦਿਨ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਪੁਲਿਸ ਟੱਸ ਤੋਂ ਮੱਸ ਨਹੀਂ ਹੋਈ। 19 ਜਨਵਰੀ ਨੂੰ ਪਰਜਾ ਮੰਡਲ ਲਹਿਰ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 90 ਵੇਂ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਮੇਂ ਹਰਮੰਡਲ ਸਿੰਘ ਜੋਧਪੁਰ, ਰਾਮ ਸਿੰਘ ਸ਼ਹਿਣਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ,ਕਾਲਾ ਸਿੰਘ ਜੈਦ, ਰਣ ਸਿੰਘ ਉੱਪਲੀ, ਸਤਨਾਮ ਸਿੰਘ ਮੂੰਮ, ਅਮਰਜੀਤ ਸਿੰਘ ਠੁੱਲੀਵਾਲ, ਕੁਲਵੰਤ ਸਿੰਘ ਹੰਢਿਆਇਆ, ਸਤਨਾਮ ਸਿੰਘ ਸੰਧੂ ਪੱਤੀ, ਗੁਰਮੀਤ ਸਿੰਘ ਬਰਨਾਲਾ, ਸੁਖਦੇਵ ਸਿੰਘ ਕੁਰੜ, ਬਲਵੰਤ ਸਿੰਘ ਠੀਕਰੀਵਾਲਾ, ਜੱਗਾ ਸਿੰਘ ਮਹਿਲਕਲਾਂ ਆਦਿ ਆਗੂਆਂ ਨੇ 6 ਜਨਵਰੀ ਤੋਂ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।