7 ਥਾਵਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲਾਏ ਧਰਨੇ-ਮਨਜੀਤ ਧਨੇਰ, ਭਾਕਿਯੂ ਏਕਤਾ (ਡਕੌਂਦਾ)ਨੇ ਮੱਲਿਆ ਡੂਮਵਾਲੀ ਬਾਰਡਰ -ਗੁਰਦੀਪ ਰਾਮਪੁਰਾ
ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭ ਕਰਮ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ – ਹਰੀਸ਼ ਨੱਢਾ
ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 21 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪੰਜਾਬ ਦੇ 13 ਜ਼ਿਲਿਆਂ ਵਿੱਚ ਟੋਲ ਪਲਾਜੇ ਫ੍ਰੀ ਕੀਤੇ ਗਏ ਅਤੇ ਭਾਜਪਾ ਦੇ ਛੇ ਆਗੂਆਂ ਦੇ ਘਰਾਂ ਅੱਗੇ ਧਰਨੇ ਲਗਾਏ ਗਏ। ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਸਿੰਘ ਢਿੱਲੋ, ਜਲਾਲਾਬਾਦ ਵਿਖੇ ਭਾਜਪਾ ਆਗੂ ਸੁਖਵਿੰਦਰ ਸਿੰਘ ਕਾਕਾ, ਸੰਗਰੂਰ ਵਿਖੇ ਭਾਜਪਾ ਆਗੂ ਅਰਵਿੰਦ ਖੰਨਾ, ਬੁਢਲਾਡਾ ਵਿਖੇ ਭਾਜਪਾ ਦੇ ਜਿਲਾ ਪ੍ਰਧਾਨ ਰਾਕੇਸ਼ ਕੁਮਾਰ ਜੈਨ, ਕਟਿਹੜਾ (ਫਾਜ਼ਿਲਕਾ) ਸੁਰਜੀਤ ਜਿਆਣੀ ਅਤੇ ਪਾਇਲ ਵਿਖੇ ਦੇ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਸ ਤੋਂ ਇਲਾਵਾ ਲਹਿਰਾ ਬੇਗਾ ਲਹਿਰਾ ਟੋਲ ਪਲਾਜ਼ਾ, ਫਿਰੋਜ ਸ਼ਾਹ ਟੋਲ ਪਲਾਜ਼ਾ, ਕੋਟ ਕਰੋੜ ਟੋਲ ਪਲਾਜ਼ਾ, ਤਲਵੰਡੀ ਭਾਈ ਟੋਲ ਪਲਾਜ਼ਾ, ਕੜਾਹੇ ਵਾਲਾ ਟੋਲ ਪਲਾਜ਼ਾ, ਚੌਂਕੀਮਾਨ ਅਤੇ ਹਿੱਸੋਵਾਲ ਟੋਲ ਪਲਾਜ਼ਾ, ਢਿੱਲਵਾਂ (ਕਪੂਰਥਲਾ), ਕਾਲਾ ਟਿੱਬਾ, ਗਿੱਦੜਾਂ ਵਾਲੀ, ਮਾਹੋਰਾਣਾ, ਭਾਗੋਮਾਜਰਾ, ਮਾਹੂਆਣਾ ਤੋਂ ਇਲਾਵਾ ਫਰੀਦਕੋਟ ਦੇ ਡੀਸੀ ਦਫ਼ਤਰ ਸਾਹਮਣੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਹੀ ਤਰ੍ਹਾਂ ਭਾਕਿਯੂ ਏਕਤਾ (ਡਕੌਂਦਾ) ਜ਼ਿਲ੍ਹਾ ਬਠਿੰਡਾ ਨੇ ਡੱਬਵਾਲੀ (ਡੂਮਵਾਲੀ) ਬਾਰਡਰ ਤੇ ਮੋਰਚਾ ਮੱਲ ਲਿਆ ਹੈ। ਇਸ ਮੋਰਚੇ ਨੂੰ ਹਰਿਆਣਾ ਦੇ ਕਿਸਾਨਾਂ ਵੱਲੋਂ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ। ਮੁਕਤਸਰ ਜ਼ਿਲੇ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਚੱਲ ਰਹੇ ਧਰਨੇ ਨੂੰ ਅੱਜ ਪੁਲਿਸ ਵੱਲੋਂ ਚਕਾਉਣ ਦੀ ਕੋਸ਼ਿਸ਼ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸ਼ਹੀਦ ਕਿਸਾਨ ਪਰਿਵਾਰਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਪੁਲਿਸ ਦੀ ਵਧੀਕੀ ਦਾ ਵਿਰੋਧ ਕੀਤਾ ਗਿਆ।
ਅੱਜ ਦੇ ਪ੍ਰੋਗਰਾਮਾਂ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਮੀਤ ਪ੍ਰਧਾਨ ਹਰੀਸ਼ ਨੱਢਾ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ ਤੋਂ ਇਲਾਵਾ ਜ਼ਿਲਿਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ਹੀਦ ਕਿਸਾਨ ਪਰਿਵਾਰਾਂ ਦੇ ਧਰਨੇ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਉਠਾਉਣ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਖਿਲਾਫ ਤਾਕਤ ਦੀ ਵਰਤੋਂ ਬੰਦ ਕਰੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਤਰ੍ਹਾਂ ਦੀ ਕਿਸੇ ਵੀ ਕਾਰਵਾਈ ਦਾ ਸਖ਼ਤ ਵਿਰੋਧ ਕਰੇਗੀ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਟੋਲ ਪਲਾਜ਼ਾ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਪ੍ਰੋਗਰਾਮ 22 ਫਰਬਰੀ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ। ਆਗੂਆਂ ਨੇ ਹਰਿਆਣਾ ਪੁਲਿਸ ਵੱਲੋਂ ਖਨੌਰੀ ਬਾਰਡਰ ਉੱਪਰ ਨਿਹੱਥੇ ਕਿਸਾਨਾਂ ਉੱਪਰ ਅੰਨੇਵਾਹ ਫਾਇਰਿੰਗ ਕਰਕੇ ਇੱਕ ਨੌਜਵਾਨ ਕਿਸਾਨ ਸ਼ੁਭ ਕਰਮ ਸਿੰਘ ਨੂੰ ਸ਼ਹੀਦ ਕਰਨ ਅਤੇ ਅਨੇਕਾਂ ਕਿਸਾਨਾਂ ਨੂੰ ਫੱਟੜ ਕਰਨ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੈਦੀ ਹਕੂਮਤ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁਲਾ ਲਈ ਹੈ ਜਿਸ ਵਿੱਚ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।