ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 11 ਮਾਰਚ
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਜੋ ਕਿ ਵੱਖ-ਵੱਖ ਅਪਰਾਧਿਕ ਮਾਮਲਿਆਂ ਦੇ ਵਿੱਚ ਸਜ਼ਾਵਾਂ ਭੁਗਤ ਰਹੇ ਹਨ। ਡੇਰਾ ਮੁਖੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮਾਮਲਾ ਸਾਹਮਣੇ ਆਇਆ ਹੈ ਕਿ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ 'ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਡੇਰਾ ਸਮਰਥਕਾਂ ਅਤੇ ਡੇਰਾ ਪ੍ਰੇਮੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਉੱਥੇ ਹੀ ਇਹ ਵੀ ਉਮੀਦਾਂ ਲਗਾਈਆਂ ਜਾ ਰਹੀਆਂ ਹਨ ਕਿ ਡੇਰਾ ਮੁਖੀ ਨੂੰ ਰਾਹਤ ਲੋਕ ਸਭਾ ਦੀਆਂ ਚੋਣਾਂ ਦੇ ਵਿੱਚ ਸਰਕਾਰ ਦੇ ਲਈ ਵੱਡੀ ਰਾਹਤ ਸਾਬਤ ਹੋ ਸਕਦੀ ਹੈ। ਕਿਉਂਕਿ ਆਗਾਮੀ ਦਿਨਾਂ ਦੇ ਵਿੱਚ ਚੋਣ ਜਾਬਤਾ ਲੱਗਣ ਵਾਲਾ ਹੈ ਅਤੇ ਡੇਰਾ ਮੁਖੀ ਨੂੰ ਲਗਾਤਾਰ ਰਾਹਤ ਤੇ ਰਾਹਤ ਰਾਜਨੀਤੀ ਵਿੱਚ ਸਵਾਰਥ ਸਿੱਧ ਹੋ ਸਕਦਾ ਹੈ।
ਡੇਰਾ ਮੁਖੀ ਨੇ ਪੰਜਾਬ ਸਰਕਾਰ ਦੀ ਜਾਂਚ ਤੇ ਖੜੇ ਕੀਤੇ ਸਵਾਲ
ਦੱਸਣਯੋਗ ਹੈ ਕਿ ਡੇਰਾ ਮੁਖੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ 'ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦਾਇਰ ਪਟੀਸ਼ਨ 'ਚ ਡੇਰਾ ਮੁਖੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 'ਚ ਬੇਅਦਬੀ ਮਾਮਲੇ 'ਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ 'ਚ ਸੂਬੇ 'ਚ ਸਰਕਾਰ ਬਦਲਣ ਨਾਲ ਅਗਸਤ 2018 'ਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ ਸਨ।