ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 13 ਮਾਰਚ
ਪਿੰਡ ਭੈਣੀ ਗੰਢੂਆਂ ਦੇ ਕਿਸਾਨ ਜਗਦੀਸ਼ ਸਿੰਘ ਵੱਲੋਂ ਆਪਣੇ ਘਰ ’ਚ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗਗਨਦੀਪ ਸਿੰਘ ਚੱਠਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭੈਣੀ ਗੰਢੂਆਂ ਦਾ ਕਿਸਾਨ ਜਗਦੀਸ਼ ਸਿੰਘ ਛੋਟੀ ਕਿਸਾਨੀ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਦਿਹਾੜੀ ਵੀ ਕਰਦਾ ਸੀ। ਘਰ ’ਚ ਜਗਦੀਸ਼ ਸਿੰਘ ਇਕੱਲਾ ਹੀ ਕਮਾਉਣ ਵਾਲਾ ਸੀ, ਜਿਸ ਕਾਰਨ ਘਰ ਦਾ ਗੁਜ਼ਾਰਾ ਬੜਾ ਔਖਾ ਹੁੰਦਾ ਸੀ। ਉਨ੍ਹਾਂ ਕਿਹਾ ਕਿ ਘਰ ਦੀ ਗਰੀਬੀ ਕਾਰਨ ਆਪਣੇ ਬੱਚਿਆਂ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਲੈ ਕੇ ਫ਼ਿਕਰਮੰਦ ਰਹਿੰਦਾ ਸੀ, ਜਗਦੀਸ਼ ਸਿੰਘ ਤੋਂ ਇਹ ਸਭ ਜਦੋਂ ਵੇਖਿਆ ਨਾ ਗਿਆ ਤਾਂ ਉਸਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਥਾਣਾ ਧਰਮਗੜ੍ਹ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਰਿਵਾਰ ’ਚ ਕੋਈ ਵੀ ਕਮਾਉਣ ਵਾਲਾ ਨਹੀਂ ਰਿਹਾ। ਇਸ ਲਈ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਜਗਦੀਸ਼ ਸਿੰਘ ਦੇ ਵਾਰਸਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।