ਜਰਨਲਿਸਟ ਇੰਜ਼ ਸੋਨੂੰ ਉੱਪਲ ਬੀਬੀਐਨ ਨੈੱਟਵਰਕ ਪੰਜਾਬ ਚੰਡੀਗੜ੍ਹ ਬਰਨਾਲਾ ਬਿਊਰੋ ਚੰਡੀਗੜ੍ਹ 23 ਮਾਰਚ
ਮਨਜੀਤ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਪੰਜਾਬ ਦੇ 13 ਜ਼ਿਲਿਆਂ ਖਾਸ ਕਰ ਡੱਬਵਾਲੀ ਪੱਕੇ ਮੋਰਚੇ, ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਪੱਕੇ ਮੋਰਚੇ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਥਲ ਹੁਸੈਨੀਵਾਲਾ ਵਿਖੇ ਸਾਮਰਾਜ ਵਿਰੋਧੀ ਸ਼ਹੀਦੀ ਕਾਨਫਰੰਸਾਂ ਕਰਕੇ ਮਨਾਇਆ ਗਿਆ। ਇਨ੍ਹਾਂ ਸ਼ਹੀਦੀ ਕਾਨਫਰੰਸਾਂ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਮਰਦ-ਔਰਤਾਂ ਦੇ ਕਾਫ਼ਲਿਆਂ ਨੇ ਪੂਰੇ ਇਨਕਲਾਬੀ ਜੋਸ਼ ਨਾਲ ਭਾਗ ਲਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਸ਼ਹੀਦਾਂ ਵੱਲੋਂ ਲਾਇਆ ‘ਇਨਕਲਾਬ- ਜਿੰਦਾਬਾਦ’ ਅਤੇ ‘ਸਾਮਰਾਜਵਾਦ- ਮੁਰਦਾਬਾਦ’ ਦਾ ਨਾਹਰਾ ਅੱਜ ਵੀ ਉਸ ਸਮੇਂ ਜਿੰਨੀ ਹੀ ਮਹੱਤਤਾ ਰੱਖਦਾ ਹੈ। ਸਾਮਰਾਜ ਅਤੇ ਭਾਰਤੀ ਦਲਾਲ ਹਾਕਮ ਜਮਾਤਾਂ, ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ/ਪੇਂਡੂ ਖੇਤਰ ਨੂੰ ਸਾਮਰਾਜੀ ਬਹੁ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ।
ਵੱਖ ਵੱਖ ਥਾਵਾਂ ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ, ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਲੁਟੇਰੀਆਂ ਸਾਮਰਾਜੀ ਸੰਸਥਾਵਾਂ ਖ਼ਿਲਾਫ਼ ਸੇਧਤ ਕਰਨ ਦੀ ਲੋੜ ਹੈ। ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਵਿਚਾਰ ਭਾਰਤ ਦੀ ਕਿਸਾਨੀ ਲਹਿਰ ਵਾਸਤੇ ਚਾਨਣ ਮੁਨਾਰਾ ਹਨ। ਹੋਰਨਾਂ ਬੁਲਾਰਿਆਂ ਅੰਗਰੇਜ਼ ਸਿੰਘ ਮੁਹਾਲੀ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਅੰਮ੍ਰਿਤਪਾਲ ਕੌਰ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਮਕਸਦ ਉਨ੍ਹਾਂ ਦੀ ਵਿਗਿਆਨਕ ਵਿਚਾਰਧਾਰਾ ਨੂੰ ਲੋਕ ਮਨਾਂ ਦਾ ਹਿੱਸਾ ਬਨਾਉਣਾ ਹੈ। ਵੱਖ ਵੱਖ ਥਾਵਾਂ ’ਤੇ ਹੋਈਆਂ ਸ਼ਹੀਦੀ ਕਾਨਫ਼ਰੰਸਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੇ ਐਸਕੇਐਮ ਦੇ ਸੱਦੇ ਅਨੁਸਾਰ ਆਉਣ ਵਾਲੀਆਂ ਪਾਰਲੀਮੈਂਟ ਚੋਣਾਂ ਮੌਕੇ ਭਾਜਪਾ ਦੀ ਕਿਸਾਨ-ਮਜ਼ਦੂਰ ਵਿਰੋਧੀ ਨੀਤੀ ਅਤੇ ਫਿਰਕੂ ਫਾਸ਼ੀ ਹੱਲੇ ਦਾ ਹਰ ਸੰਭਵ ਢੰਗ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ।
ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਅਤੇ ਕਿਸਾਨਾਂ ਦੇ ਕਾਤਲ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ ਦੇਣ ਬਦਲੇ ਭਾਜਪਾ ਨੂੰ ਸਜ਼ਾ ਦੇਣ ਦਾ ਐਲਾਨ ਕੀਤਾ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਚੋਣ ਬਾਂਡ ਘਪਲੇ ਨੇ ਭਾਜਪਾ ਦੀ ਅਸਲੀਅਤ ਜੱਗ ਜਾਹਰ ਕਰ ਦਿੱਤੀ ਹੈ। ਇਸ ਦੀ ਪੜਤਾਲ ਸੁਪਰੀਮ ਕੋਰਟ ਵੱਲੋਂ ਸਿੱਧੇ ਤੌਰ ਤੇ ਕਰਾਈ ਜਾਣੀ ਚਾਹੀਦੀ ਹੈ। ਕਾਨਫਰੰਸਾਂ ਵਿੱਚ ਇਕੱਤਰ ਹੋਈਆਂ ਬੀਬੀਆਂ ਅਤੇ ਕਿਸਾਨਾਂ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਮਘਾਉਣ ਦਾ ਪ੍ਰਣ ਲਿਆ।