ਬੀਬੀਐਨ ਨੈਟਵਰਕ ਪੰਜਾਬ, ਹੁਸ਼ਿਆਰਪੁਰ ਬਿਊਰੋ, 26 ਮਾਰਚ
ਹੁਸ਼ਿਆਰਪੁਰ ਦੇ ਹਲਕਾ ਦਸੂਹਾ 'ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ 'ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ 'ਚ ਪੁਲਿਸ ਨੇ ਇਕ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਗਿਆ।ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾ 'ਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਉਕਤ ਪਿੰਡ ਦੇ ਹੀ ਇਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਦੀ ਟੀਮ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ। ਜਵਾਬੀ ਕਾਰਵਾਈ 'ਚ ਪੁਲਿਸ ਨੇ ਸੁੱਚਾ ਸਿੰਘ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ।