ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 27 ਮਾਰਚ
ਵਿਦੇਸ਼ ਜਾਣ ਦਾ ਸੁਪਨਾ ਨਾ ਪੂਰਾ ਹੋਣ ਦੇ ਚੱਲਦੇ ਇਕ ਵਿਅਕਤੀ ਨੇ ਵੀਜ਼ਾ ਰੱਦ ਹੋਣ ਕਾਰਨ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਦਾ ਦੂਤਾਵਾਸ ਵੱਲੋਂ ਵੀਜ਼ਾ ਰੱਦ ਕੀਤਾ ਗਿਆ ਸੀ, ਉਦੋਂ ਤੋਂ ਹੀ ਵਿਅਕਤੀ ਪਰੇਸ਼ਾਨ ਚੱਲਿਆ ਆ ਰਿਹਾ ਸੀ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਸਵੀਰ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ। ਵਿਦੇਸ਼ ਜਾਣ ਲਈ ਉਸ ਨੇ ਵੀਜ਼ਾ ਅਪਲਾਈ ਕੀਤਾ ਪਰ ਜਦ ਉਸ ਨੂੰ ਪਤਾ ਲੱਗਾ ਕਿ ਉਸ ਦਾ ਵੀਜ਼ਾ ਰੱਦ ਹੋ ਗਿਆ ਹੈ ਤਾਂ ਉਹ ਬੇਹੱਦ ਪਰੇਸ਼ਾਨ ਹੋ ਗਿਆ। ਸੋਮਵਾਰ ਰਾਤ ਨੂੰ ਉਸ ਦੀ ਪਤਨੀ ਖਾਣਾ ਦੇਣ ਲਈ ਕਮਰੇ ਅੰਦਰ ਦਾਖਲ ਹੋਈ ਤਾਂ ਉਸ ਨੇ ਦੇਖਿਆ ਕਿ ਜਸਵੀਰ ਬਾਥਰੂਮ ਦੇ ਅੰਦਰ ਚਲਾ ਗਿਆ ਹੈ। ਕੁਝ ਸਮੇਂ ਬਾਅਦ ਪਰਿਵਾਰਕ ਮੈਂਬਰਾਂ ਨੇ ਗੋਲ਼ੀ ਚੱਲਣ ਦੀ ਆਵਾਜ਼ ਸੁਣੀ ਤਾਂ ਉਹ ਬਾਥਰੂਮ ਵੱਲ ਭੱਜੇ। ਪਰਿਵਾਰਕ ਮੈਂਬਰ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਜਦ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਦੇਖਿਆ ਕਿ ਖੂਨ ਨਾਲ ਲੱਥਪੱਥ ਜਸਵੀਰ ਜ਼ਮੀਨ ’ਤੇ ਡਿੱਗਿਆ ਪਿਆ ਸੀ। ਪਰਿਵਾਰ ਦੇ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਏ ਜਿੱਥੇ ਮੰਗਲਵਾਰ ਨੂੰ ਜਸਵੀਰ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਜਸਵੀਰ ਨੇ ਲਾਇਸੈਂਸੀ ਹਥਿਆਰ ਦੀ ਵਰਤੋਂ ਕਰ ਕੇ ਖੁਦਕੁਸ਼ੀ ਕੀਤੀ ਸੀ। ਪੁਲਿਸ ਇਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ। ਜਸਵੀਰ ਸਿੰਘ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।