ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 5 ਅਪ੍ਰੈਲ
ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਨੇੜੇ ਆ ਰਹੀ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਜ਼ਮੀਨੀ ਪੱਧਰ 'ਤੇ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਰਮਿਆਨ ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਅਕਾਲੀ ਦਲ ਤੇ ਕਾਂਗਰਸ ਨਾਲ ਸਬੰਧਤ ਚਾਰ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਠਿੰਡਾ ਦੇ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਕਤ ਕੌਂਸਲਰਾਂ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਪਟਕਾ ਪਹਿਨਾ ਕੇ ਸਾਂਝੇ ਤੌਰ ’ਤੇ ਸ਼ਾਮਲ ਕਰਵਾਇਆ। ਇਸ ਵਿਚ ਅਕਾਲੀ ਦਲ ਨਾਲ ਸਬੰਧਤ ਤਿੰਨ ਕੌਂਸਲਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਮੂਲ ਪਾਰਟੀ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ, ਜਦਕਿ ਕਾਂਗਰਸ ਦੇ ਇਕ ਕੌਂਸਲਰ ਨੇ ਵੀ ਪਾਰਟੀ ਛੱਡ ਦਿੱਤੀ ਸੀ।