ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 8 ਅਪ੍ਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਦੀ ਕਾਰਵਾਈ ’ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਸਿੰਘਾਂ ਨੂੰ ਸਰਕਾਰ ਵੱਲੋਂ ਐੱਨਐੱਸਏ ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਨ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਵਰਤੇ ਜਾ ਰਹੇ ਹਥਕੰਡੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਦੇ ਹਿੱਤ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈਣਾ ਸ਼ਰਮਨਾਕ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਤੀਤ ਤੋਂ ਸਬਕ ਲੈਂਦਿਆਂ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਵਿਚ ਰੋਸ ਤੇ ਅਲਹਿਦਗੀ ਦੀ ਭਾਵਨਾ ਵੱਧਦੀ ਹੋਵੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਵੇ। ਉਨ੍ਹਾਂ ਆਖਿਆ ਕਿ ਪੁਲਿਸ ਦੇ ਬਲ ਦੀ ਦੁਰਵਰਤੋਂ ਕਰਦਿਆਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਚੁੱਕੀ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਵਰਤੀ ਜਾ ਰਹੀ ਜਬਰ ਦੀ ਨੀਤੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।