ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 10 ਅਪ੍ਰੈਲ
ਜਲੰਧਰ ਦੀ ਜੱਲੋਵਾਲ ਆਬਾਦੀ 'ਚ ਬੀਤੀ ਦੇਰ ਰਾਤ ਪੰਜ ਘਰਾਂ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ਨੇ ਪੰਜ ਘਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ 'ਚ ਢਾਈ ਘੰਟੇ ਦਾ ਸਮਾਂ ਲੱਗਾ। ਫਾਇਰ ਬ੍ਰਿਗੇਡ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ 2:40 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਅਸੀਂ ਤੁਰੰਤ ਮੌਕੇ 'ਤੇ ਪਹੁੰਚੇ। ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਪਰ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸਭ ਤੋਂ ਪਹਿਲਾਂ ਇਕ ਘਰ 'ਚ ਲੱਗੀ ਅਤੇ ਕੁਝ ਹੀ ਦੇਰ 'ਚ ਬਾਕੀ ਚਾਰ ਘਰਾਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ ਪਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।