ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 12 ਅਪ੍ਰੈਲ
ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗਿਰੋਹ ਦੇ 1 ਸਾਥੀ ਨੂੰ ਗ੍ਰਿਫਤਾਰ ਕਰ ਕੇ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਹੈਰੋਇਨ ਦੀ ਦਰਾਮਦ ਕਰ ਰਿਹਾ ਸੀ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਡਰੱਗ ਸਪਲਾਈ ਚੇਨ ਨੂੰ ਭੰਗ ਕਰਨ ਤੇ ਸਾਡੇ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ। ਗ੍ਰਿਫ਼ਤਾਰ ਗੈਂਗਸਟਰ ਸਾਰਜ ਉਰਫ ਭਾਊ ਵਾਸੀ ਫਿਰੋਜ਼ਪੁਰ ਹੈ ਜੋ ਕਿ ਗੈਂਗਸਟਰ ਜੈਪਾਲ ਦੇ ਕਰੀਬੀ ਚੰਦੂ ਨਾਲ ਤਾਲਮੇਲ ਕਰ ਕੇ ਸਰਹੱਦ ਪਾਰੋਂ ਹਥਿਆਰ ਤੇ ਨਸ਼ਾ ਮੰਗਵਾਉਂਦਾ ਸੀ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਉਸ ਕੋਲੋਂ ਤਿੰਨ ਕਿਲੋ ਹੈਰੋਇਨ ਤੇ ਦੋ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇੱਥੇ ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 50 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।