ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 13 ਅਪ੍ਰੈਲ
ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਅੰਮ੍ਰਿਤਸਰ ਨੇ ਜਰਮਨੀ ਆਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮੀ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ ਉਸ ਨੇ ਆਪਣੇ ਭਾਰਤ ਆਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਗੋਲ਼ੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੁੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮੀ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗੇ੍ਰਸ਼ਨ, ਨਵੀਂ ਦਿੱਲੀ ਰਾਹੀਂ ਉਸ ਖ਼ਿਲਾਫ਼ ਐੱਲਓਸੀ ਜਾਰੀ ਕਰਵਾ ਦਿੱਤਾ ਸੀ। ਬੁੱਧਵਾਰ ਨੂੰ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਪ੍ਰਭਪ੍ਰੀਤ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।