ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 30 ਅਪ੍ਰੈਲ
ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਕੀਤੀ। ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਨਿਰਣੇ ਨੂੰ ਫੇਰ ਬੁਲੰਦ ਕੀਤਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ ਅਤੇ ਫੈਡਰਲਿਜਮ ਵਿਰੋਧੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਬਚੀ ਖੁਚੀ ਜਮਹੂਰੀਅਤ ਨੂੰ ਵੀ ਖਤਮ ਕਰਨ ਦਾ ਯਤਨ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਦੀ ਨੀਅਤ ਸੰਵਿਧਾਨ ਨੂੰ ਬਦਲ ਕੇ ਜਮਹੂਰੀਅਤ ਨੂੰ ਖਤਮ ਕਰਨ ਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਹਰਾਉ, ਕਾਰਪੋਰੇਟ ਭਜਾਉ, ਦੇਸ਼ ਬਚਾਓ ਦਾ ਨਾਅਰਾ ਦਿੱਤਾ ਹੋਇਆ ਹੈ। ਇਸੇ ਨਾਅਰੇ ਅਧੀਨ 21 ਮਈ ਨੂੰ ਜਗਰਾਉਂ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹਾਂਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਸ਼ਾਮਲ ਹੋਣਗੀਆਂ। ਇਸ ਮਹਾਂ ਰੈਲੀ ਲਈ ਸਾਰੇ ਪ੍ਰਬੰਧ ਕਰਨ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਜਥੇਬੰਦੀਆਂ ਨੇ ਵੱਧ ਤੋਂ ਵੱਧ ਜ਼ੋਰ ਨਾਲ ਸਮੂਲੀਅਤ ਕਰਨ ਦਾ ਤਹੱਈਆ ਕੀਤਾ। ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ ਕਿ ਦਿੱਲੀ ਵਾਲਾ ਇਤਿਹਾਸਕ ਕਿਸਾਨ ਘੋਲ ਸ਼ਾਂਤਮਈ ਰਹਿੰਦਿਆਂ ਜਿੱਤਿਆ ਗਿਆ ਸੀ। ਹੁਣ ਵੀ ਭਾਜਪਾ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ। ਭਾਜਪਾ ਦੇ ਉਮੀਦਵਾਰਾਂ ਵੱਲੋਂ ਪੰਜਾਬ ਵਿੱਚ ਜਾਤਪਾਤੀ ਪੱਤਾ ਖੇਡਣ ਦੀਆਂ ਕੋਸ਼ਿਸ਼ਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਲੋਕਾਂ ਨੂੰ ਜਾਤ ਜਾਂ ਧਰਮ ਦੇ ਆਧਾਰ ਤੇ ਲੜਾਉਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗਾ। ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜੇਕਰ ਭਾਜਪਾ ਦਾ ਕੋਈ ਵੱਡਾ ਆਗੂ ਜਿਵੇਂ ਨਰਿੰਦਰ ਮੋਦੀ ਜਾਂ ਅਮਿਤ ਸ਼ਾਹ ਪੰਜਾਬ ਵਿੱਚ ਆਉਂਦਾ ਹੈ ਤਾਂ ਉਸ ਦਾ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰ ਕੇ ਵਿਰੋਧ ਕੀਤਾ ਜਾਵੇਗਾ। ਮਹਾਂਰੈਲੀ ਦੇ ਪ੍ਰਬੰਧ ਕਰਨ ਲਈ ਸੱਤ ਮੈਂਬਰੀ ਪ੍ਰਬੰਧਕ ਕਮੇਟੀ ਬਣਾਈ ਗਈ। ਮਹਾਂ ਰੈਲੀ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਵਿਉਂਤਬੰਦੀ ਕਰਨ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ 11 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ 11 ਵਜੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟੇਜ ਸੰਚਾਲਨ ਕਮੇਟੀ ਅਤੇ ਚਾਹ, ਪਾਣੀ, ਲੰਗਰ, ਟੈਂਟ, ਸਪੀਕਰ ਅਤੇ ਦਰੀਆਂ ਵਗੈਰਾ ਦੇ ਪ੍ਰਬੰਧਾਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕੀਤੀ ਜਾਵੇ, ਲਿਫਟਿੰਗ ਤੁਰੰਤ ਕਰਵਾਈ ਜਾਵੇ, ਜਿਪਸਮ ਅਤੇ ਜੰਤਰ ਦੇ ਬੀਅ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।ਇਸ ਮੌਕੇ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਡਾ.ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਮਨਜੀਤ ਸਿੰਘ ਧਨੇਰ, ਅਵਤਾਰ ਸਿੰਘ ਮਹਿਮਾਂ, ਬਿੰਦਰ ਸਿੰਘ ਗੋਲੇਵਾਲ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਰਾਈਆਂ ਵਾਲਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਸੁੱਖ ਗਿੱਲ ਮੋਗਾ ਹਾਜਰ ਸਨ ਜਾਰੀ ਕਰਤਾ: ਪ੍ਰਧਾਨਗੀ ਮੰਡਲ, ਸੰਯੁਕਤ ਕਿਸਾਨ ਮੋਰਚਾ ਪੰਜਾਬ