ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 06 ਮਈ
ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਲਈ ਬਣਾਈ ਕਮੇਟੀ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਨੂੰ ਭੇਜ ਦਿੱਤੀ ਹੈ। ਉਕਤ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਬਣਾਈ ਗਈ ਸਬ-ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਸ਼ੇਰਖਾ, ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਫ਼ਿਰੋਜ਼ਪੁਰ ਦੇ ਵਧੀਕ ਮੈਨੇਜਰ ਜਸਪਾਲ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਗ੍ਰੰਥੀ ਗੁਰਭਜਨ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ ਸ਼ਾਮਲ ਸਨ। ਉਕਤ ਕਮੇਟੀ ਨੇ ਮੌਕੇ ਦਾ ਦੌਰਾ ਕਰਕੇ ਸਾਰੀ ਜਾਣਕਾਰੀ ਇਕੱਠੀ ਕਰਕੇ ਅੱਜ ਹੀ ਐਸਜੀਪੀਸੀ ਮੁੱਖ ਦਫਤਰ ਨੂੰ ਰਿਪੋਰਟ ਭੇਜ ਦਿੱਤੀ ਹੈ। ਉਕਤ ਰਿਪੋਰਟ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਗਈ ਹੈ। ਜਥੇਦਾਰ ਰਘਬੀਰ ਸਿੰਘ ਇਸ ਦਾ ਅਧਿਐਨ ਕਰਨ ਤੋਂ ਬਾਅਦ ਹੀ ਕੋਈ ਅਗਲੀ ਕਾਰਵਾਈ ਕਰਨਗੇ।ਉਨ੍ਹਾਂ ਦੱਸਿਆ ਕਿ ਮੌਕੇ ਤੋਂ ਮਿਲੀ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਤੋਂ ਇਹ ਸਾਬਤ ਹੋ ਗਿਆ ਹੈ ਕਿ 4 ਮਈ ਨੂੰ ਉਕਤ ਘਟਨਾ ਦੇ ਦੋਸ਼ੀ ਗੁਰੂ ਘਰ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਗੁਰੂ ਘਰ ਤੋਂ ਬਾਹਰ ਚਲਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਵੱਲੋਂ ਖੰਡਿਤ ਕੀਤੇ ਗਏ ਪਾਵਨ ਸਰੂਪ ਨੂੰ ਵੀ ਅਗਲੇ ਦਿਨਾਂ ਵਿਚ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ। ਦੂਜੇ ਪਾਸੇ ਪ੍ਰਧਾਨ ਧਾਮੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਅਜਿਹੀਆਂ ਘਟਨਾਵਾਂ ਨੂੰ ਵੱਡੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਬੰਡਾਲਾ ਕਾਂਡ ਪਿੱਛੇ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ। ਸਰਕਾਰ ਨੂੰ ਅਜਿਹੀਆਂ ਸ਼ਕਤੀਆਂ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਤੇ ਪ੍ਰਬੰਧਕਾਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਲਈ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।