ਬੀਬੀਐਨ ਨੈਟਵਰਕ ਪੰਜਾਬ, ਮਾਨਸਾ ਬਿਊਰੋ, 06 ਮਈ
ਪੰਜਾਬ ਅੰਦਰ ਕਰਜ਼ੇ ਤੋਂ ਸਤਾਏ ਹੋਏ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਦੇ ਕਿਸਾਨ ਪ੍ਰੀਤਮ ਸਿੰਘ ਨੇ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਖੇਤ ਵਿੱਚ ਖੁਦਕੁਸ਼ੀ ਕਰ ਲਈ।ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕੋਟੜਾ ਕਲਾਂ ਦਾ ਕਿਸਾਨ ਪ੍ਰੀਤਮ ਸਿੰਘ, ਜਿਸ ਦੀ ਉਮਰ ਤਕਰੀਬਨ 55 ਸਾਲ ਹੈ, ਦਿਨੋ ਦਿਨ ਵੱਧ ਰਹੇ ਖੇਤੀ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਆਪਣੇ ਖੇਤ ਵਿੱਚ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਗਿਆ। ਉਸ ਸਿਰ ਸਰਕਾਰੀ ਅਤੇ ਗੈਰ ਸਰਕਾਰੀ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਕਿਸਾਨ ਚਾਰ ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ। ਜਗਦੇਵ ਸਿੰਘ ਭੈਣੀਬਾਘਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਗੇਲ ਸਿੰਘ ਨੇ ਪੰਜਾਬ ਸਰਕਾਰ ਤੋਂ ਕਰਜ਼ਾ ਖ਼ਤਮ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪੀੜ੍ਹਤ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।ਥਾਣਾ ਭੀਖੀ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।