ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 7 ਮਈ
ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਅਨਾਜ ਮੰਡੀ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਸਿਵਲ ਵਰਦੀਧਾਰੀ ਪੁਲਿਸ ਮੁਲਾਜ਼ਮ ਪੰਡਾਲ਼ ਵਿਚ ਬੈਠੇ ਹੋਏ ਸਨ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਬੈਠੇ ਹਨ। ਬਾਦਲ ਪਰਿਵਾਰ ਦੇ ਸਾਰੇ ਮੈਂਬਰ ਚੋਣਾਂ ਵਿਚ ਹਾਰ ਚੁੱਕੇ ਹਨ, ਸਿਰਫ਼ ਬਾਕੀ ਬਚੀ ਹਰਸਿਮਰਤ ਕੌਰ ਬਾਦਲ ਨੂੰ ਵੀ ਬਠਿੰਡਾ ਹਲਕੇ ਦੇ ਵੋਟਰ ਹੁਣ ਹਰਾ ਦੇਣਗੇ। ਉਨ੍ਹਾਂ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ। ਬਾਦਲਕਿਆਂ ਦਾ ਟੱਬਰ ਆਪਣੇ ਪਰਿਵਾਰ ਲਈ ਪੰਜਾਬ ਦੇ ਹਿੱਤਾਂ ਨੂੰ ਮੋਹਰਾ ਬਣਾ ਕੇ ਵੋਟਾਂ ਮੰਗ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ ਦਾ ਸਫਾਇਆ ਹੋ ਚੁੱਕਾ ਹੈ ਜਦੋਂਕਿ ਕਾਂਗਰਸ ਨੇ ਇਕ ਬਾਹਰੀ ਆਗੂ ਨੂੰ ਮੈਦਾਨ ਵਿਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ ’ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਦੋਂ ਪਾਰਟੀ ਛੱਡ ਕੇ ਨਵੀਂ ਪਾਰਟੀ ਵਿਚ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਨਾਲ ਬਿਜਲੀ ਦੀ ਬਚਤ ਹੋਵੇਗੀ ਅਤੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਵੀ ਜਲਦੀ ਹੀ ਪੂਰੀ ਹੋ ਜਾਵੇਗੀ। ਪੰਜਾਬ ਸਰਕਾਰ ਨੇ 250 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਮਾਨ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਅਤੇ ਸਿਹਤ ਪ੍ਰਬੰਧਾਂ ’ਚ ਸੁਧਾਰ ਹੋਇਆ ਹੈ। ਉਨ੍ਹਾਂ ਸੁਨਾਮ ਦੇ ਵੋਟਰਾਂ ਨੂੰ ਭਾਵੁਕ ਤੌਰ ’ਤੇ ਬੰਨ੍ਹਣ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਸੁਨਾਮ ਉਨ੍ਹਾਂ ਦੀ ਜਨਮ ਭੂਮੀ ਅਤੇ ਕਰਮ ਭੂਮੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ-44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੋਰ ਕਿਸਮਾਂ ਬੀਜੋ, ਸਰਕਾਰ ਝੋਨੇ ਦਾ ਹਰ ਦਾਣਾ ਖਰੀਦੇਗੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ, ਵਰਿੰਦਰ ਗੋਇਲ, ਲਾਭ ਸਿੰਘ ਉਗੋਕੇ, ਜ਼ਮੀਲ ਉਰ ਰਹਿਮਾਨ, ਦਲਬੀਰ ਸਿੰਘ ਗੋਲਡੀ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਆਦਿ ਹਾਜ਼ਰ ਸਨ।