ਬੀਬੀਐਨ ਨੈੱਟਵਰਕ ਪੰਜਾਬ, ਬਿਊਰੋ ਬਰਨਾਲਾ, 12 ਨਵੰਬਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਮਿਤੀ 12.11.2022 ਨੂੰ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀ—ਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਦਵਿੰਦਰ ਕੁਮਾਰ ਗੁਪਤਾ (ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ), ਸ਼੍ਰੀ ਅਮਿਤ ਥਿੰਦ (ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਸ਼੍ਰੀ ਕਪਿਲ ਦੇਵ ਸਿੰਗਲਾ, ਮਾਨਯੋਗ ਸਿਵਲ ਜੱਜ (ਸ.ਡ.), ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਚੇਤਨ ਸ਼ਰਮਾ (ਮਾਨਯੋਗ ਸਿਵਲ ਜੱਜ ਜ.ਡ.), ਮਿਸ ਬਬਲਜੀਤ ਕੌਰ (ਮਾਨਯੋਗ ਸਿਵਲ ਜੱਜ ਜ.ਡ.), ਮਿਸ ਸੁਖਮੀਤ ਕੌਰ (ਮਾਨਯੋਗ ਸਿਵਲ ਜੱਜ ਜ.ਡ.), ਸ਼੍ਰੀਮਤੀ ਸਮਿਕਸ਼ਾ ਜੈਨ (ਮਾਨਯੋਗ ਸਿਵਲ ਜੱਜ ਜ.ਡ.) ਬਰਨਾਲਾ ਅਤੇ ਸ਼੍ਰੀ ਅਸ਼ੀਸ ਗਰੋਵਰ, ਮਾਨਯੋਗ ਪ੍ਰੈਜ਼ੀਡੈਂਟ, ਜਿਲ੍ਹਾ ਕੰਜ਼ਿਊਮਰ ਕਮਿਸ਼ਨ, ਬਰਨਾਲਾ ਦੇ ਕੁੱਲ 09 ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ 2586 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 1252 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 4,84,53,422/— ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਦੱਸਿਆ ਗਿਆ ਕਿ ਜੁਡੀਸ਼ੀਅਲ ਅਫ਼ਸਰਾਂ ਵੱਲ੍ਹੋਂ ਪ੍ਰੀ—ਲੋਕ ਅਦਾਲਤਾਂ ਲਗਾਈਆਂ ਗਈਆਂ ਅਤੇ ਸਮਝੌਤਾ ਕਰਨ ਲਈ ਪਾਰਟੀਆਂ ਨੂੰ ਮਨਾਇਆ ਗਿਆ ਅਤੇ ਫਾਈਨਲ ਐਵਾਰਡ ਪਾਸ ਕੀਤੇ ਗਏ।
ਅੰਤ ਵਿੱਚ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਆਪਣੇ ਕੇਸ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ, ਉਹ ਸਬੰਧਿਤ ਕੋਰਟ ਦੇ ਜੱਜ ਸਾਹਿਬਾਨ ਨੂੰ ਇਸ ਸਬੰਧੀ ਬੇਨਤੀ ਕਰ ਸਕਦਾ ਹੈ ਅਤੇ ਜੇਕਰ ਉਸਦਾ ਕੇਸ/ਝਗੜਾ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਉਹ ਨਿਮਨਹਸਤਾਖਰ ਦੇ ਦਫ਼ਤਰ ਵਿਖੇ ਆ ਕੇ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ।