ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚੋਂ ਕੱਢਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਬੀਬੀਐੱਨ ਨੈੱਟਵਰਕ ਪੰਜਾਬ, ਬਿਉਰੋ ਫਿਰੋਜਪੁਰ ਤੋ ਮਨੀਸ ਕੁਮਾਰ ਬਾਵਾ ਦੀ ਰਿਪੋਰਟ 20 ਨਵੰਬਰ
ਪੰਜਾਬ ਭਰ ਵਿਚ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਪੰਜਾਬ ਵਿਚ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਸਕੇ। ਇਸੇ ਤਰ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਵ-ਨਿਯੁਕਤ ਐੱਸਐੱਸਪੀ ਕੰਵਰਦੀਪ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਫਿਰੋਜ਼ਪੁਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਜਾਣਕਾਰੀ ਐੱਸਪੀ ਹੈੱਡ ਕੁਆਟਰ ਸੋਹਣ ਲਾਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਅਤੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤਾੜਨਾ ਕੀਤੀ ਜਾ ਰਹੀ ਹੈ ਕਿ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ, ਜਾਂ ਫਿਰ ਜ਼ਿਲ੍ਹਾ ਛੱਡ ਕੇ ਚਲੇ ਜਾਓ । ਕਿਉਂਕਿ ਫੜੇ ਜਾਣ ’ਤੇ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸਐੱਸਪੀ ਕੰਵਰਦੀਪ ਕੌਰ ਨੇ ਹਦਾਇਤ ਕੀਤੀ ਹੈ ਕਿ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਮੁਕਤ ਕਰਨ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਾ ਜਾਵੇ ਅਤੇ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵੀ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ’ਚੋਂ ਬਾਹਰ ਕੱਢ ਕੇ ਸਮਾਜਿਕ ਕੰਮਾਂ ’ਚ ਅੱਗੇ ਲੈ ਕੇ ਜਾਣ ਦਾ ਕੰਮ ਕਰ ਰਹੀ ਹੈ ।